ਨਵਜੋਤ ਸਿੱਧੂ ਨੂੰ ਨਹੀਂ ਮਿਲੀ ਪੰਜਾਬ ਮੰਤਰੀ ਮੰਡਲ ਨਾਲ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ
ਕਹਾਵਤ ਹੈ ਕਿ ਨ੍ਹਾਤੀ ਧੋਤੀ ਰਹਿ ਗਈ, ਮੂੰਹ ਤੇ ਮੱਖੀ ਬਹਿ ਗਈ। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵੀ ਕੁੱਝ ਅਜਿਹਾ ਹੀ ਵਾਪਰਿਆ ਹੈ। ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਹੈ। ਗੁਰੂ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦਾ ਸਭ ਨੇ ਇੱਕ ਸੁਰ ਵਿੱਚ ਸਵਾਗਤ ਕੀਤਾ ਸੀ ਪਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਟਕਰਾਅ ਦਾ ਮਾਮਲਾ ਸਾਹਮਣੇ ਆਇਆ ਹੈ। ਸੀਐਮ ਚਰਨਜੀਤ ਚੰਨੀ ਵੀਰਵਾਰ ਨੂੰ ਆਪਣੀ ਕੈਬਨਿਟ ਨਾਲ ਕਰਤਾਰਪੁਰ ਸਾਹਿਬ ਜਾਣਗੇ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਅਧਿਕਾਰਤ ਤੌਰ ‘ਤੇ ਦੱਸਿਆ ਗਿਆ ਹੈ ਕਿ ਉਹ ਇਸ ਜੱਥੇ ਦਾ ਹਿੱਸਾ ਨਹੀਂ ਹਨ। ਇਹ ਦਾਅਵਾ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਕੀਤਾ ਹੈ। ਡੱਲਾ ਨੇ ਕਿਹਾ ਕਿ ਸਿੱਧੂ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਉਹ 18 ਦੀ ਬਜਾਏ 20 ਨਵੰਬਰ ਨੂੰ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਨਾਲ ਜਾਣਾ ਸੀ। ਉਸ ਨੇ ਬੈਗ ਵਿਚ ਕੱਪੜੇ ਪਾਏ ਕੇ ਸਾਰੀਆਂ ਤਿਆਰੀਆਂ ਕਰ ਲਈਆਂ ਸਨ।
ਭਾਜਪਾ ਆਗੂਆਂ ਦਾ ਇੱਕ ਜੱਥਾ ਵੀ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ।
ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਤੋਂ ਸੜਕੀ ਰਸਤੇ ਜਾਣ ਵਾਲੇ ਪਹਿਲੇ ਜੱਥਾ ਦੇ ਨਾਲ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਭਾਜਪਾ ਨੇਤਾਵਾਂ ਦਾ ਇੱਕ ਜੱਥਾ ਵੀਰਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਜੱਥੇ ਵਿੱਚ ਸੁਖਵੰਤ ਸਿੰਘ ਧਨੌਲਾ, ਜਸਵਿੰਦਰ ਸਿੰਘ ਢਿੱਲੋਂ, ਐਸ.ਐਸ.ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਟੇਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ ਭੰਡਾਰੀ ਸ਼ਾਮਲ ਹੋਣਗੇ।
ਆਮ ਆਦਮੀ ਪਾਰਟੀ ਦੇ ਆਗੂ ਵੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣਗੇ। 19 ਨਵੰਬਰ ਦਿਨ ਸ਼ੁੱਕਰਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਸਾਰੇ ਆਗੂ ਤੇ ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ‘ਆਪ’ ਆਗੂਆਂ ਨੇ ਦੱਸਿਆ ਕਿ ਉਹ ਗੁਰੂ ਪਰਵ ਦੇ ਮੌਕੇ ‘ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ ਬੁੱਧਵਾਰ ਨੂੰ ਕੁਝ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਪਹਿਲੇ ਦਿਨ 49 ਲੋਕਾਂ ਦੀ ਰਜਿਸਟ੍ਰੇਸ਼ਨ ਹੋਈ, ਜਿਸ ਵਿੱਚ 28 ਸ਼ਰਧਾਲੂ ਦਰਸ਼ਨਾਂ ਲਈ ਗਏ। ਇਸ ਵਿੱਚ 19 ਪੁਰਸ਼ ਅਤੇ 9 ਔਰਤਾਂ ਸ਼ਾਮਲ ਸਨ। ਉਕਤ ਸ਼ਰਧਾਲੂਆਂ ਨੇ ਮੰਗਲਵਾਰ ਨੂੰ ਹੀ ਦਰਸ਼ਨਾਂ ਲਈ ਆਨਲਾਈਨ ਅਪਲਾਈ ਕੀਤਾ ਸੀ, ਜਿਨ੍ਹਾਂ ਨੂੰ ਦੇਰ ਸ਼ਾਮ ਹੀ ਦਰਸ਼ਨ ਕਰਨ ਦੀ ਕਾਨੂੰਨੀ ਇਜਾਜ਼ਤ ਮਿਲੀ ਸੀ।