ਪਟਿਆਲਾ ‘ਚ ਵੀ ਲੱਗੀ ਕੌਮੀ ਲੋਕ ਅਦਾਲਤ, ਜਸਟਿਸ ਆਰ.ਕੇ. ਜੈਨ ਨੇ ਕੀਤਾ ਨਿਰੀਖਣ

ਸੁਣਵਾਈ ਲਈ ਰੱਖੇ 5389 ਕੇਸਾਂ ‘ਚੋਂ 2709 ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

38 ਕਰੋੜ 16 ਲੱਖ 37 ਹਜ਼ਰ 598 ਰੁਪਏ ਦੇ ਅਵਾਰਡ ਪਾਸ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ, ਜਸਟਿਸ ਸ੍ਰੀ ਰਾਕੇਸ਼ ਕੁਮਾਰ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨ ਲਈ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ਼੍ਰੀ ਰਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਸੈਸ਼ਨ ਡੀਵੀਜ਼ਨ, ਪਟਿਆਲਾ ਵਿਖੇ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਗ਼ੈਰ ਰਾਜੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵਨਿਊ) ਕੇਸ ਲਏ ਗਏ।


ਨੈਸ਼ਨਲ ਲੋਕ ਅਦਾਲਤਾਂ ਦੇ ਕੰਮ ਦੀ ਨਿਗਰਾਨੀ ਲਈ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਜਿਲ੍ਹਾ ਅਦਾਲਤੀ ਕੰਪਲੈਕਸ  ਦਾ ਦੌਰਾ ਕੀਤਾ। ਜਸਟਿਸ ਜੈਨ ਦੇ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਿਸ ਰੁਪਿੰਦਰਹਜੀਤ ਚਹਿਲ, ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਅਤੇ ਮਿਸ ਪਰਮਿੰਦਰ ਕੌਰ ਵੀ ਮੌਜੂਦ ਸਨ।
ਜਸਟਿਸ ਜੈਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਵਿਵਾਦਾਂ ਨੂੰ ਲੋਕ ਅਦਾਲਤਾਂ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦਾ ਕੀਮਤੀ ਸਮਾਂ ਤੇ ਪੈਸੇ ਬਚ ਸਕਣ। ਇਸ ਮੰਤਵ ਲਈ, ਚਾਹਵਾਨ ਪਾਰਟੀ ਅਦਾਲਤ ਦੇ ਪ੍ਰੀਜਾਇਡਗ ਅਫਸਰ ਨੂੰ ਬੇਨਤੀ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਲੈਣ ਲਈ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ e-mail www.pulsa.gov.in ਅਤੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਜ਼ਿਲ੍ਹਾ ਪਟਿਆਲਾ ਵਿੱਚ ਜੁਡੀਸ਼ੀਅਲ ਅਦਾਲਤਾਂ ਦੇ 30 ਬੈਂਚ, ਜਿਨ੍ਹਾਂ ‘ਚ ਪਟਿਆਲਾ ਵਿੱਚ 19, ਰਾਜਪੁਰਾ ਵਿੱਚ 05, ਸਮਾਣਾ ਵਿੱਚ 03 ਅਤੇ ਨਾਭਾ ਵਿੱਚ 03 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 5389 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 2709 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਜਿਸ ਵਿੱਚ  ਲੱਗਭਗ 38,16,37,598 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Leave a Reply

Your email address will not be published. Required fields are marked *