ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਸਲ ਚੋਣਾਂ ਲਈ 613 ਨਾਮਜ਼ਦਗੀਆਂ ਹੋਈਆਂ ਦਾਖਲ: ਵਧੀਕ ਜ਼ਿਲ੍ਹਾ ਚੋਣ ਅਫ਼ਸਰ
-ਆਖਰੀ ਦਿਨ 199 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 199 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਰਿਟਰਨਿੰਗ ਅਧਿਕਾਰੀਆਂ ਕੋਲ ਦਾਖਲ ਕਰਵਾਏ ਗਏ ਹਨ। ਇਸ ਤਰ੍ਹਾਂ ਨਾਮਜ਼ਦਗੀਆਂ ਦੇ ਚਾਰ ਦਿਨਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਚਾਰੇ ਨਗਰ ਕੌਂਸਲਾਂ ਲਈ ਕੁਲ 613 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਇਹ ਜਾਣਕਾਰੀ ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਰਿਟਰਨਿੰਗ ਅਫ਼ਸਰ ਸਮਾਣਾ ਕੋਲ 44 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਅਤੇ ਕੁੱਲ ਸਮਾਣਾ ਨਗਰ ਕੌਸਲ ਵਿਖੇ 148 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਨਾਭਾ ਕੋਲ ਅੱਜ 43 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜਦਕਿ ਕੁੱਲ 160 ਉਮੀਦਵਾਰਾਂ ਵੱਲੋਂ ਕਾਗਜ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਜਪੁਰਾ ਕੋਲ ਅੱਜ 52 ਤੇ ਕੁੱਲ 171 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਰਿਟਰਨਿੰਗ ਅਫ਼ਸਰ ਪਾਤੜਾਂ ਕੋਲ ਅੱਜ 60 ਨਾਮਜ਼ਦਗੀ ਪੱਤਰ ਦਾਖਲ ਹੋਏ ਤੇ ਕੁੱਲ 134 ਉਮੀਦਵਾਰਾਂ ਵੱਲੋਂ ਕਾਗਜ ਭਰੇ ਗਏ ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 ‘ਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0175-2311306 ਹੈ।